ਸਾਬਕਾ ਰਾਸ਼ਟਰਪਤੀ ਜ਼ਰਦਾਰੀ ਦੀ ਸਿਹਤ ਜਾਂਚ ਲਈ ਮੈਡੀਕਲ ਬੋਰਡ ਦਾ ਗਠਨ

ਇਸਲਾਮਾਬਾਦ ਪਾਕਿਸਤਾਨ ਦੀ ਇਕ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਦੀ ਸਿਹਤ ਦੀ ਜਾਂਚ ਲਈ ਮੈਡੀਕਲ ਬੋਰਡ ਦਾ ਗਠਨ ਕਰਨ ਦਾ ਆਦੇਸ਼ ਦਿੱਤਾ ਹੈ ਤੇ ਜ਼ਰਦਾਰੀ ਦੀ ਮੈਡੀਕਲ ਰਿਪੋਰਟ 11 ਦਸੰਬਰ ਤਕ ਅਦਾਲਤ ‘ਚ ਪੇਸ਼ ਕਰਨ ਲਈ ਕਿਹਾ ਹੈ। 64 ਸਾਲਾ ਜ਼ਰਦਾਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਜੂਨ ਮਹੀਨੇ ‘ਚ ਗਿ੍ਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ ਮੰਗਲਵਾਰ ਨੂੰ ਜ਼ਮਾਨਤ ਲਈ ਅਦਾਲਤ ਵਿਚ ਅਰਜ਼ੀ ਦਾਖ਼ਲ ਕੀਤੀ ਸੀ। ਇਸਲਾਮਾਬਾਦ ਹਾਈ ਕੋਰਟ ਨੇ ਬੁੱਧਵਾਰ ਨੂੰ ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਦੇ ਡਾਕਟਰਾਂ ਦੇ ਇਕ ਬੋਰਡ ਦਾ ਗਠਨ ਕੀਤਾ ਹੈ ਜਿਸ ਵਿਚ ਜ਼ਰਦਾਰੀ ਦਾ ਨਿੱਜੀ ਡਾਕਟਰ ਵੀ ਸ਼ਾਮਲ ਹੈ।
ਸਾਬਕਾ ਰਾਸ਼ਟਰਪਤੀ ‘ਤੇ ਮਨੀ ਲਾਂਡਰਿੰਗ ਮਾਮਲੇ ‘ਚ ਭਿ੍ਸ਼ਟਾਚਾਰ ਦਾ ਮੁਕੱਦਮਾ ਚੱਲ ਰਿਹਾ ਹੈ। ਜ਼ਰਦਾਰੀ ਦੇ ਵਕੀਲ ਫਾਰੂਕ ਐੱਚ ਨਾਇਕ ਨੇ ਅਦਾਲਤ ਨੂੰ ਦੱਸਿਆ ਕਿ ਜ਼ਰਦਾਰੀ ਇਸ ਸਮੇਂ ਕਈ ਬਿਮਾਰੀਆਂ ਨਾਲ ਜੂਝ ਰਹੇ ਹਨ। ਉਨ੍ਹਾਂ ਨੂੰ ਤਿੰਨ ਵਾਰ ਦਿਲ ਦੀਆਂ ਬਿਮਾਰੀਆਂ ਨਾਲ ਸਬੰਧਤ ਸਟੈਂਟ ਵੀ ਪਾਇਆ ਜਾ ਚੁੱਕਾ ਹੈ। ਇਸ ਕਰ ਕੇ ਇਲਾਜ ਲਈ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਏ। ਜ਼ਰਦਾਰੀ ਨਾਲ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਉਨ੍ਹਾਂ ਦੀ ਭੈਣ ਫਰਯਾਲ ਤਾਲਪੁਰ ਦਾ ਨਾਂ ਵੀ ਸ਼ਾਮਲ ਹੈ। ਦੱਸਣਯੋਗ ਹੈ ਕਿ ਆਸਿਫ ਅਲੀ ਜ਼ਰਦਾਰੀ 2008 ਤੋਂ 2013 ਤਕ ਪਾਕਿਸਤਾਨ ਦੇ ਰਾਸ਼ਟਰਪਤੀ ਰਹਿ ਚੁੱਕੇ ਹਨ ਤੇ ਉਨ੍ਹਾਂ ਨੂੰ ਇਸ ਸਾਲ ਜੂਨ ਮਹੀਨੇ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ।

Leave a Reply

Your email address will not be published. Required fields are marked *